ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਝੋਨੇ ਦੀ ਆਮਦ ਤੇ ਖ਼ਰੀਦ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ ਕਿਹਾ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ ’ਚ ਯੋਗਦਾਨ ਪਾਉਣ ਆੜ੍ਹਤੀ

ਜਲੰਧਰ, 11 ਅਗਸਤ:(ਰਮੇਸ਼ ਗਾਬਾ)ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ ’ਤੇ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਵੀ ਮੌਜੂਦ ਸਨ, ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਖ਼ਰੀਦ ਪ੍ਰਕਿਰਿਆ ਸੁਚਾਰੂ ਹੋਵੇਗੀ ਸਗੋਂ ਮਿਆਰ ਅਨੁਸਾਰ ਖ਼ਰੀਦ ਵੀ ਯਕੀਨੀ ਬਣੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਜਲਦ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਉਨ੍ਹਾਂ ਆੜ੍ਹਤੀਆਂ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਟਰਾਂਸਪੋਰਟੇਸ਼ਨ ਅਤੇ ਲੇਬਰ ਦੀ ਲੋੜੀਂਦੀ ਉਪਲਬਧਾ, ਸਬ-ਯਾਰਡ ਦੀ ਸੁਵਿਧਾ ਸਬੰਧੀ ਉਠਾਏ ਮੁੱਦੇ ਵੀ ਸੁਣੇ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਦਾ ਢੁੱਕਵਾਂ ਹੱਲ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸੀਜ਼ਨ ਦੌਰਾਨ ਕੰਬਾਈਨਾਂ ਦਾ ਨਿਰਧਾਰਿਤ ਸਮੇਂ ਦੌਰਾਨ ਚੱਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਦੀਆਂ ਕੰਬਾਈਨਾਂ ਜ਼ਬਤ ਕਰਨ ਦੇ ਨਾਲ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੇ ਅਗਾਮੀ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਆੜ੍ਹਤੀਆਂ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਦਫ਼ਤਰ ਅਤੇ ਜ਼ਿਲ੍ਹਾ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਪ੍ਰਬੰਧਕ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ/ਨੁਮਾਇੰਦੇ ਵੀ ਮੌਜੂਦ ਸਨ।.

PUBLISHED BY LMI DAILY NEWS PUNJAB

Ramesh Gaba

8/11/20251 min read

white concrete building
white concrete building

My post content