*ਨਿਵੇਕਲੀ ਪਹਿਲ ; ‘ਚੇਤਨਾ-ਤਿਆਰੀ ਜਿੱਤ ਦੀ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ* - ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਕਰਵਾਈ ਜਾਵੇਗੀ ਤਿਆਰੀ: ਡਿਪਟੀ ਕਮਿਸ਼ਨਰ - ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ ਅਜਿਹੀਆਂ ਪਹਿਲਕਦਮੀਆਂ

ਜਲੰਧਰ, 12 ਅਗਸਤ :(ਰਮੇਸ਼ ਗਾਬਾ)ਨੌਜਵਾਨ ਲੜਕੇ-ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਅੰਬੇਦਕਰ ਭਵਨ ਵਿਖੇ ਇਕ ਨਿਵੇਕਲੀ ਪਹਿਲ ‘ਚੇਤਨਾ-ਤਿਆਰੀ ਜਿੱਤ ਦੀ’ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੋਚਿੰਗ ਕਲਾਸਾਂ ਦਾ ਆਗਾਜ਼ ਕਰਨ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਜ਼ਿੰਦਗੀ ਸੰਵਾਰਨ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਆਪ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ। ਡਾ. ਅਗਰਵਾਲ ਨੇ ਦੱਸਿਆ ਕਿ ਦਾਖ਼ਲਾ ਟੈਸਟ ਉਪਰੰਤ ਅੱਜ 50 ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ 30 ਲੜਕੀਆਂ ਅਤੇ 20 ਲੜਕੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੀ ਇਹ ਕੋਚਿੰਗ ਲੜਕੀਆਂ ਨੂੰ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਲੜਕਿਆਂ ਲਈ ਬਹੁਤ ਹੀ ਮਾਮੂਲੀ ਫੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਕੇਂਦਰ/ਪੰਜਾਬ ਸਰਕਾਰ ਵੱਲੋਂ ਨੌਕਰੀਆਂ ਲਈ ਸਮੇਂ-ਸਮੇਂ ’ਤੇ ਜਾਰੀ ਕੀਤੇ ਜਾਂਦੇ ਨੋਟਿਫਿਕੇਸ਼ਨਾਂ ਦੇ ਸਨਮੁੱਖ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਨੌਜਵਾਨਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ ਹੈ, ਤਾਂ ਜੋ ਉਹ ਆਪਣੇ ਸਰਕਾਰੀ ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਇਕ ਅਜਿਹਾ ਜ਼ਰੀਆ ਹੈ, ਜਿਸ ਰਾਹੀਂ ਉਮੀਦਵਾਰ ਖੁਦ ਆਤਮ ਨਿਰਭਰ ਬਣਨ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਵਿੱਚ ਵੀ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਮਾਹਰਾਂ ਵੱਲੋਂ ਉੱਚ ਕੋਟੀ ਦੀ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ, ਜਿਸ ਦੇ ਲਈ ਬਾਕਾਇਦਾ ਕੰਪਿਊਟਰਾਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਉਮੀਦਵਾਰਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਸਬੰਧਤ ਕਿਤਾਬਾਂ ਤੇ ਹੋਰ ਲੋੜੀਂਦੀ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਡਾ. ਅਗਰਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਦਾਨ ਕੀਤੀ ਗਈ ਸੀ। ਇਸ ਤੋਂ ਇਲਾਵਾ ਇਸ ਸਾਲ ਮਈ ਮਹੀਨੇ ਖਤਮ ਹੋਏ ਬੈਚ ਨੂੰ ਪੰਜਾਬ ਸਿਵਲ ਸੇਵਾਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਦੀ ਭਲਾਈ ਅਤੇ ਬਿਹਤਰੀ ਦੀ ਵਨਚਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਲੜਕਿਆਂ ਲਈ ਵੀ ਜਲਦ ਹੀ ਵਿਸ਼ੇਸ਼ ਬੈਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਦਿਆਰਥੀਆਂ ਪਾਸੋਂ ਮਾਮੂਲੀ ਫੀਸ ਲਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ (ਲੜਕੇ) ਨੂੰ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਦਾਖ਼ਲੇ ਲਈ ਗੂਗਲ ਲਿੰਕ https://forms.gle/cytqHq3FfgDjtMbRA ’ਤੇ ਅਪਲਾਈ ਕਰਨ ਦੀ ਅਪੀਲ ਵੀ ਕੀਤੀ। ਆਪ ਆਗੂ ਨਿਤਿਨ ਕੋਹਲੀ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬਾਂ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਇਕ ਸਾਬਤ ਹੋਣਗੀਆਂ। ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

8/12/20251 min read

white concrete building during daytime
white concrete building during daytime

My post content