ਡਿਪਟੀ ਕਮਿਸ਼ਨਰ ਨੇ ਸਿੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜ਼ੋਰ ਸਕੂਲਾਂ ’ਚ ਸਾਫ-ਸੁਥਰਾ ਤੇ ਸੁਰੱਖਿਅਤ ਵਾਤਾਵਰਣ, ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਦੀ ਕੀਤੀ ਹਦਾਇਤ ਪੀ.ਐਮ.ਜੇ.ਵੀ.ਕੇ. ਤਹਿਤ ਵਿਕਾਸ ਪ੍ਰਾਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਪ੍ਰਸਤਾਵ ਪ੍ਰਾਪਤ ਕੀਤੇ

ਜਲੰਧਰ, 14 ਅਗਸਤ:(ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਵਿੱਦਿਅਕ ਅਦਾਰਿਆਂ ਵਿੱਚ ਸਿੱਖਿਆ ਨਾਲ ਸਬੰਧਤ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿੱਖਿਆ ਸਕੀਮਾਂ ਦਾ ਮਕਸਦ ਹਰੇਕ ਵਿਦਿਆਰਥੀ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ ਵਿਕਾਸ ਕਾਰਜ ਕਰਵਾਏ ਗਏ ਹਨ, ਫਿਰ ਵੀ ਜੇਕਰ ਕਿਸੇ ਸਕੂਲ ਵਿੱਚ ਕੋਈ ਸਹੂਲਤ ਲੋੜੀਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਮੁਹੱਈਆ ਕਰਵਾਈ ਜਾ ਸਕੇ। ਡਾ. ਅਗਰਵਾਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਸਾਫ-ਸੁਥਰਾ ਤੇ ਸੁਰੱਖਿਅਤ ਵਾਤਾਵਰਣ, ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ’ਚ ਕਮਰਿਆਂ ਆਦਿ ਦੀ ਹਾਲਤ ਖਸਤਾ ਹੈ ਤਾਂ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਉਸ ਨੂੰ ਅਸੁਰੱਖਿਅਤ ਐਲਾਨਣ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਵਾਈ ਜਾਵੇ ਤਾਂ ਜੋ ਉਕਤ ਜਗ੍ਹਾ ’ਤੇ ਨਵੀਂ ਉਸਾਰੀ ਕੀਤੀ ਜਾ ਸਕੇ। ਉਨ੍ਹਾਂ ਸਕੂਲਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪਾਣੀ ਦੀ ਉਪਲਬਧਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਕੂਲਾਂ ਵਿਚਲੀਆਂ ਪਾਣੀ ਵਾਲੀਆਂ ਟੈਂਕੀਆਂ ਦੀ ਨਿਯਮਿਤ ਸਫਾਈ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਸਾਡੇ ਸਭ ਲਈ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ/ਨੁਮਾਇੰਦਿਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਡਾ. ਅਗਰਵਾਲ ਨੇ ਉਨ੍ਹਾਂ ਨੂੰ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਜੇਕਰ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਉਸਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਇਸ ਤੋਂ ਬਾਅਦ ਇਕ ਹੋਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ (ਪੀ.ਐਮ.ਜੇ.ਵੀ.ਕੇ.) ਤਹਿਤ ਵਿਕਾਸ ਪ੍ਰਾਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਪ੍ਰਸਤਾਵ ਪ੍ਰਾਪਤ ਕੀਤੇ ਗਏ। ਡਾ. ਅਗਰਵਾਲ ਨੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ) ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਨ੍ਹਾਂ ਤਜਵੀਜ਼ਾਂ ਨੂੰ ਅੰਤਿਮ ਰੂਪ ਦੇਣ ਉਪਰੰਤ ਕੇਂਦਰ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਘੱਟ ਗਿਣਤੀ ਕੇਂਦਰਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਅਤੇ ਇਨ੍ਹਾਂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨਾ ਹੈ। ਮੀਟਿੰਗਾਂ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਹਰਜਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

8/14/20251 min read

white concrete building
white concrete building

My post content