79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ ਕਿਹਾ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਸੂਬੇ ਨੂੰ ‘ਰੰਗਲਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਆਜ਼ਾਦੀ ਘੁਲਾਟੀਆਂ ਦਾ ਕੀਤਾ ਸਨਮਾਨ, ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੰਡੀਆਂ

ਜਲੰਧਰ, 15 ਅਗਸਤ : ( ਰਮੇਸ਼ ਗਾਬਾ)ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਕੈਬਨਿਟ ਮੰਤਰੀ ਨੇ ਦੁਨੀਆ ਦੇ ਕੋਨੇ-ਕੋਨੇ ਵਿੱਚ ਵੱਸਦੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਵਿੱਚ ਸਾਹ ਲੈ ਰਹੇ ਹਾਂ ਅਤੇ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ। ਸ਼੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਕ੍ਰਾਂਤੀਕਾਰੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫ਼ਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕੀਤਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਵਰਗੇ ਫੈਸਲਿਆਂ ਸਦਕਾ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਤੋਂ ਸਿੱਖਿਆ ਦੇ ਖੇਤਰ ਨੂੰ ਤਰਜੀਹ ਦਿੱਤੀ ਹੈ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਕਈ ਸਾਲਾਂ ਬਾਅਦ ਪੰਜਾਬ ਪਹਿਲੀ ਵਾਰ ਸਿੱਖਿਆ ’ਚ ਪਹਿਲੇ ਨੰਬਰ ਉੱਤੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਦੇ ਮੰਤਵ ਨਾਲ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਕ ਹੋਰ ਅਗਾਂਹਵਧੂ ਕਦਮ ‘ਸਿੱਖਿਆ ਕ੍ਰਾਂਤੀ` ਤਹਿਤ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ-ਕਮ-ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕੀਤਾ ਜਦਕਿ 265 ਵਿਦਿਆਰਥੀਆਂ ਨੇ ਸਾਂਝੀ ਪ੍ਰਵੇਸ਼ ਪ੍ਰੀਖਿਆ (ਜੇ.ਈ.ਈ.) ਮੇਨਜ਼ ਅਤੇ 45 ਵਿਦਿਆਰਥੀਆਂ ਨੇ ਜੇ.ਈ.ਈ. (ਐਡਵਾਂਸ) ਪ੍ਰੀਖਿਆ ਸਫ਼ਲਤਾਪੂਰਵਕ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ। ਅਜਿਹੇ ਹੀ ਇਕ ਲੋਕ-ਪੱਖੀ ਫੈਸਲੇ ਤਹਿਤ ਹਰੇਕ ਵਰਗ ਨੂੰ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ 90 ਫੀਸਦੀ ਖਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਮੁਫਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ। ਸ਼੍ਰੀ ਸੌਂਦ ਨੇ ਕਿਹਾ ਕਿ ਨਿਵੇਕਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ `ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ `ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਨੇੜਲੇ ਭਵਿੱਖ ਵਿੱਚ ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਜਲੰਧਰ ’ਚ ਚੱਲ ਰਹੇ 66 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 3.69 ਕਰੋੜ ਮਰੀਜ਼ਾਂ ਨੇ ਲਗਭਗ 1650 ਕਰੋੜ ਰੁਪਏ ਦਾ ਇਲਾਜ ਮੁਫ਼ਤ ਕਰਵਾਇਆ ਹੈ। ਪੰਜਾਬ ਦੇ 881 ਆਮ ਆਦਮੀ ਕਲੀਨਿਕਾਂ ਵਿੱਚ ਵੱਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਸਦਕਾ ਹੁਣ ਪੰਜਾਬੀਆਂ ਨੂੰ ਟੈਸਟ ਰਿਪੋਰਟ, ਡਾਕਟਰ ਤੋਂ ਅਪਾਇੰਟਮੈਂਟ ਅਤੇ ਹੋਰ ਲੋੜੀਂਦੀ ਸਿਹਤ ਸਬੰਧੀ ਜਾਣਕਾਰੀ ਘਰ ਬੈਠੇ ਸਿਰਫ਼ ਇੱਕ ਮੇਸਜ `ਤੇ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਕ ਹੋਰ ਲੋਕ-ਪੱਖੀ ਫੈਸਲੇ ਤਹਿਤ ਸਮੂਹ ਪੰਜਾਬੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਜੋ ਕਿ 2 ਅਕਤੂਬਰ 2025 ਤੋਂ ਲਾਗੂ ਹੋ ਜਾਵੇਗੀ, ਤਹਿਤ ਹੈਲਥ ਕਾਰਡ ਬਣਾਕੇ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦਾ ਲਾਭ ਦਿੱਤਾ ਜਾਵੇਗਾ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੰਜਾਬ ਸਰਕਾਰ ਦੀ ਬੇਹੱਦ ਸਫ਼ਲ ਮੁਹਿੰਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਨੂੰ ਸੂਬੇ ’ਚੋਂ ਖਦੇੜ ਦਿੱਤਾ ਉੱਥੇ ਹੀ 25 ਹਜ਼ਾਰ ਤੋਂ ਵਧੇਰੇ ਗ੍ਰਿਫ਼ਤਾਰੀਆਂ ਕਰਕੇ ਤੇ ਨਸ਼ਾ ਸਮੱਗਲਰਾਂ ਦੇ ਘਰ ਢਾਹ ਕੇ ਸਿੱਧ ਕਰ ਦਿੱਤਾ ਕਿ ਪੰਜਾਬ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਬੀਤੇ ਦਿਨੀਂ ਐਂਟੀ-ਡਰੋਨ ਪ੍ਰਣਾਲੀ ਨੂੰ ਹਰੀ ਝੰਡੀ ਦਿਖਾਈ ਗਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ `ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਸਮਾਜ ਨਾਲ ਜੋੜਨ ਲਈ ਮੁੜ ਵਸੇਬਾ ਯਤਨਾਂ ਦੇ ਹਿੱਸੇ ਵਜੋਂ ਰਾਜ ਵਿੱਚ 55 ਨਸ਼ਾ ਮੁਕਤੀ ਕੇਂਦਰ ਅਤੇ 548 ਨਸ਼ਾ ਮੁਕਤੀ ਦਵਾਈ ਕੇਂਦਰਾਂ ਵਿੱਚ ਨਸ਼ੇ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਸਾਰੇ ਸਬ-ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਈਜ਼ੀ ਰਜਿਸਟਰੀ ਦੀ ਸਾਫਟ ਲਾਂਚਿੰਗ ਪੂਰੀ ਕਰ ਲਈ ਗਈ ਹੈ। ਈਜ਼ੀ ਜਮ੍ਹਾਬੰਦੀ ਲਈ ਪੋਰਟਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਰਤ ਕਾਨੂੰਨਾਂ ਨੂੰ ਕਿਰਤੀਆਂ ਪੱਖੀਂ ਕੀਤਾ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 1.55 ਲੱਖ ਉਸਾਰੀ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੇਬਰ ਵੈੱਲਫੇਅਰ ਬੋਰਡ ਦੀਆਂ ਕਈ ਸਕੀਮਾਂ ਨੂੰ ਬਹੁਤ ਜ਼ਿਆਦਾ ਸਰਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਲਈ 3200 ਸੋਲਰ ਪੰਪ ਲਗਾਏ ਜਾ ਚੁੱਕੇ ਹਨ ਅਤੇ ਇਸ ਸਾਲ ਦੇ ਅੰਤ 2500 ਪੰਪ ਹੋਰ ਲਗਾਏ ਜਾਣਗੇ। 1098 ਸਰਕਾਰੀ ਇਮਾਰਤਾਂ ਉੱਤੇ 7.7 ਮੈਗਵਾਟ ਸਮਰੱਥਾ ਦੇ ਸੌਰ ਊਰਜਾ ਪਲਾਂਟ ਸਥਾਪਤ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਕੁੱਲ 3293 ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ 1666 ਖੇਡ ਮੈਦਾਨਾਂ `ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਵਿੱਤੀ ਸਾਲ 2025-26 ਵਿੱਚ ਕੁੱਲ 3073 ਮਾਡਲ ਪਲੇਅ-ਗਰਾਊਂਡ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਮਨਾਉਣ ਜਾ ਰਹੀ ਹੈ, ਜਿਸ ਤਹਿਤ 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੀ ਪਹਿਲਕਦਮੀ ਤਹਿਤ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ‘ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ’ ਯੋਜਨਾ ਦੇ ਹਿੱਸੇ ਵਜੋਂ 52 ‘ਪਵਿੱਤਰ ਵਣ’ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸ਼ਹੀਦ ਪਰਿਵਾਰਾਂ ਦਾ ਦਿਲੋਂ ਸਤਿਕਾਰ ਕਰਦੀ ਹੈ। ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿੱਚ 13% ਰਾਖਵਾਂਕਰਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋ ਰਾਜ ਦੇ ਸ਼ਹੀਦ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ `ਤੇ ਮਜ਼ਬੂਤ ਕਰਨ ਲਈ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਹੁਣ ਤੱਕ ਸ਼ਹੀਦ ਹੋਏ ਸੈਨਿਕਾਂ ਦੇ 30 ਪਰਿਵਾਰਾਂ ਦੀ ਇਹ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਗਈ ਹੈ। ਜਲੰਧਰ ਜ਼ਿਲ੍ਹੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ ਕੁੱਲ 17 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਜਿਸ ਨਾਲ ਕੁੱਲ 18 ਹਜ਼ਾਰ ਪਰਿਵਾਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲੱਗਭਗ 2218 ਸਵੈ-ਸਹਾਇਤਾਂ ਸਮੂਹਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ‘ਪਹਿਲ ਪ੍ਰਾਜੈਕਟ’ ਤਹਿਤ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਦਾ ਕੰਮ ਬਲਾਕ ਆਦਮਪੁਰ ਦੇ ਪਿੰਡ ਚੋਮੋ, ਬਲਾਕ ਜਲੰਧਰ ਪੱਛਮੀ ਦੇ ਪਿੰਡ ਗਾਖਲ, ਬਲਾਕ ਭੋਗਪੁਰ ਦੇ ਪਿੰਡ ਰਾਸਤਗੋ ਅਤੇ ਬਲਾਕ ਸ਼ਾਹਕੋਟ ਦੇ ਪਿੰਡ ਪੂਨੀਆਂ ਵਿਖੇ ਚੱਲ ਰਿਹਾ ਹੈ। ਇਨ੍ਹਾਂ ਸੈਂਟਰਾਂ ਵਿੱਚ ਰਾਜ ਪੱਧਰ ਤੋਂ 20000 ਵਰਦੀਆਂ ਦੀ ਸਿਲਾਈ ਦਾ ਟੀਚਾ ਪ੍ਰਾਪਤ ਹੋਇਆ ਸੀ, ਪਰ ਜ਼ਿਲ੍ਹੇ ਵੱਲੋਂ ਟੀਚੇ ਤੋਂ ਵੱਧ ਕੁੱਲ 41,412 ਵਰਦੀਆਂ ਦੀ ਸਿਲਾਈ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ ਹੁਣ ਤੱਕ 50,215 ਉਸਾਰੀ ਕਿਰਤੀਆਂ ਦੇ ਲੇਬਰ ਕਾਰਡ ਬਣਾਏ ਗਏ ਹਨ। ਉਪਰੰਤ ਕੈਬਨਿਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਸਮੁੱਚੀ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਸਰਵਣਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਊ ਸਿੰਘ ਗਿੱਲ, ਏ.ਡੀ.ਜੀ.ਪੀ. ਆਰ. ਕੇ. ਜੈਸਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬੱਸੀ, ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਰਮਨੀਕ ਸਿੰਘ ਰੰਧਾਵਾ, ਪੰਜਾਬ ਖਾਦੀ ਤੇ ਵਿਲੇਜ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਨਿਤਿਨ ਕੋਹਲੀ, ਸਟੀਫਨ ਕਲੇਰ, ਪ੍ਰਦੀਪ ਦੁੱਗਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

8/15/20251 min read

white concrete building
white concrete building

My post content