ਕੀਟਾਣੂਆਂ ਤੇ ਗੰਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਉੱਚ ਖਤਰੇ ਵਾਲੇ ਇਲਾਕਿਆਂ ’ਚ ਸਰਵੇਖਣ ਲਈ ਤੁਰੰਤ ਰਿਸਪੌਂਸ ਟੀਮਾਂ ਗਠਨ ਕਰਨ ਲਈ ਕਿਹਾ ਜ਼ਰੂਰੀ ਦਵਾਈਆਂ, ਡਾਇਗਨੋਸਟਿਕ ਕਿੱਟਾਂ ਤੇ ਹਸਪਤਾਲਾਂ ’ਚ ਬੈੱਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਵੀ ਹਦਾਇਤ
ਜਲੰਧਰ, 4 ਸਤੰਬਰ :(ਰਮੇਸ਼ ਗਾਬਾ)ਪਿਛਲੇ ਦਿਨੀਂ ਜ਼ਿਲ੍ਹੇ ਦੇ ਨੀਂਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਕਰਕੇ ਕੀਟਾਣੂਆਂ ਅਤੇ ਗੰਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖਦਸ਼ੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉੱਚ ਖਤਰੇ ਵਾਲੇ ਇਲਾਕਿਆਂ ਵਿੱਚ ਘਰ-ਘਰ ਸਰਵੇਖਣ ਕਰਨ ਲਈ ਤੁਰੰਤ ਰਿਸਪੌਂਸ ਟੀਮਾਂ ਦਾ ਗਠਨ ਕਰਕੇ ਤਾਇਨਾਤੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸੰਭਾਵਿਤ ਮਾਮਲਿਆਂ ਨਾਲ ਨਜਿੱਠਣ ਲਈ ਸਾਰੀਆਂ ਜ਼ਰੂਰੀ ਦਵਾਈਆਂ, ਡਾਇਗਨੋਸਟਿਕ ਕਿੱਟਾਂ ਅਤੇ ਹਸਪਤਾਲਾਂ ਵਿੱਚ ਬੈੱਡਾਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿੱਚ ਦਰਜ ਮਾਮਲਿਆਂ ਦੀ ਨਿਗਰਾਨੀ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਫੋਗਿੰਗ ਵੀ ਕਰਵਾਈ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨਗਰ ਨਗਮ ਦੇ ਨਗਰ ਕੌਂਸਲਾਂ ਨੂੰ ਸਾਰੇ ਇਲਾਕਿਆਂ, ਜੋ ਹੜ੍ਹ ਦੇ ਪਾਣੀ ਨਾਲ ਭਰ ਚੁੱਕੇ ਹਨ, ਵਿੱਚੋਂ ਪਾਣੀ ਦੀ ਨਿਕਾਸੀ ਤੁਰੰਤ ਪ੍ਰਭਾਵ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਾਸ ਕਰਕੇ ਹਾਟਸਪਾਟਸ ਅਤੇ ਅਜਿਹੇ ਇਲਾਕਿਆਂ ਜਿਥੇ ਪਾਣੀ ਖੜ੍ਹਾ ਹੈ, ਵਿੱਚ ਵਿਆਪਕ ਤੌਰ ’ਤੇ ਐਂਟੀ ਲਾਰਵਾ ਦਾ ਛਿੜਕਾਅ ਅਤੇ ਫੋਗਿੰਗ ਕਰਵਾਈ ਜਾਵੇ। ਸਫਾਈ ਮੁਹਿੰਮ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਬੈਕਟੀਰੀਆ ਦੀ ਪੈਦਾਵਾਰ ਨੂੰ ਰੋਕਣ ਅਤੇ ਠੋਸ ਕੂੜੇ/ਗੰਦਗੀ ਦੇ ਸਮੇਂ ਸਿਰ ਫੌਰੀ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨਿਕਾਸੀ ਨਾਲਿਆਂ/ਨਾਲੀਆਂ ਅਤੇ ਸੀਵਰੇਜ ਸਿਸਟਮ ਦੀ ਸਫਾਈ ਸਬੰਧੀ ਮੁਹਿੰਮ ਵਿੱਚ ਵੀ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਸੀਵਰੇਜ ਪ੍ਰਣਾਲੀ ਸੁਚਾਰੂ ਢੰਗ ਨਾਲ ਨਿਰਵਿਘਨ ਚਲਦੀ ਰਹੇ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਜਾਰੀ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਕੀਟਾਣੂਆਂ ਤੇ ਗੰਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਯਤਨ ਆਰੰਭ ਦਿੱਤੇ ਗਏ।
PUBLISHED BY LMI DAILY NEWS PUNJAB
My post content
