ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ-ਘਰ ਸਰਵੇਖਣ, ਸੈਂਪਲਿੰਗ ਤੇ ਫੋਗਿੰਗ ਜਾਰੀ*
ਜਲੰਧਰ, 5 ਸਤੰਬਰ(ਰਮੇਸ਼ ਗਾਬਾ): ਜ਼ਿਲ੍ਹੇ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਨਾਲ ਗੰਦੇ ਪਾਣੀ ਅਤੇ ਕੀਟਾਣੂਆਂ ਰਾਹੀਂ ਬਿਮਾਰੀਆਂ ਫੈਲਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ’ਤੇ ਰੋਕਥਾਮ ਉਪਾਅ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਿਤ ਖੇਤਰਾਂ ਵਿੱਚ ਘਰ-ਘਰ ਸਰਵੇਖਣ, ਸੈਂਪਲਿੰਗ, ਫੋਗਿੰਗ ਆਦਿ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਬਲਾਕ ਮਹਿਤਪੁਰ ਦੇ ਪਿੰਡ ਮੁੱਧਾਂ ਅਤੇ ਬੋਪਾਰਾਏ ਕਲਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿੱਚ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਗਏ ਹਨ, ਜਿੱਥੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 146 ਘਰਾਂ ਦਾ ਸਰਵੇ ਕੀਤਾ ਗਿਆ ਹੈ, ਜਿਸ ਦੌਰਾਨ ਤਿੰਨ ਘਰਾਂ ਵਿੱਚ ਲਾਰਵਾ ਮਿਲਣ ’ਤੇ ਉਸਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੇਂਗੂ ਟੈਸਟਿੰਗ ਲਈ 42 ਸੈਂਪਲ ਵੀ ਲਏ ਗਏ ਹਨ। ਡਾ. ਅਗਰਵਾਲ ਨੇ ਦੱਸਿਆ ਕਿ ਦੋਵਾਂ ਪਿੰਡਾਂ ਵਿੱਚ ਫੋਗਿੰਗ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਮੱਛਰ-ਮੱਖੀ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਰੋਕਥਾਮ ਉਪਾਅ ਤੇਜ਼ ਕੀਤੇ ਗਏ ਹਨ, ਤਾਂ ਜੋ ਨਾਗਰਿਕ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
PUBLISHED BY LMI DAILY NEWS PUNJAB
My post content
