ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਨੂੰ 11 ਲੱਖ ਰੁਪਏ ਦਾ ਚੈੱਕ ਭੇਟ* - ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਇਆ ਜਲੰਧਰ ਜਿੰਮਖਾਨਾ ਕਲੱਬ - ਲਾਇਲਪੁਰ ਖਾਲਸਾ ਕਾਲਜ ਟੈਕਨੀਕਲ ਕੈਂਪਸ ਵੱਲੋਂ ਵੀ 1.51 ਲੱਖ ਰੁਪਏ ਦਾ ਯੋਗਦਾਨ
ਜਲੰਧਰ, 1 ਅਕਤੂਬਰ(ਰਮੇਸ਼ ਗਾਬਾ): ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਲੰਧਰ ਜਿੰਮਖਾਨਾ ਕਲੱਬ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 11 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਭੇਟ ਕੀਤਾ ਗਿਆ। ਡਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਅਰੁਣ ਸੇਖੜੀ, ਜੋ ਕਿ ਜਲੰਧਰ ਜਿੰਮਖਾਨਾ ਕਲੱਬ ਦੇ ਪ੍ਰਧਾਨ ਵੀ ਹਨ, ਦੀ ਰਹਿਨੁਮਾਈ ਹੇਠ ਕਲੱਬ ਦੇ ਸਕੱਤਰ ਸੰਦੀਪ ਬਹਿਲ ਵੱਲੋਂ ਇਹ ਚੈੱਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਡਾ. ਅਗਰਵਾਲ ਨੇ ਇਸ ਮੌਕੇ ਕਲੱਬ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਗਦਾਨ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਹੜ੍ਹ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੁਟੀ ਹੋਈ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਤੇ ਦਾਨੀ ਸੱਜਣਾਂ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਦਿੱਤਾ ਗਿਆ ਸਹਿਯੋਗ ਹੋਰਨਾਂ ਸੰਸਥਾਵਾਂ ਅਤੇ ਨਾਗਰਿਕਾਂ ਨੂੰ ਵੀ ਪ੍ਰੇਰਿਤ ਕਰੇਗਾ। ਇਸ ਤੋਂ ਇਲਾਵਾ ਲਾਇਲਪੁਰ ਖਾਲਸਾ ਕਾਲਜ ਟੈਕਨੀਕਲ ਕੈਂਪਸ, ਜਲੰਧਰ ਵੱਲੋਂ ਵੀ ਡਿਪਟੀ ਕਮਿਸ਼ਨਰ ਨੂੰ 1.51 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਸੌਂਪਿਆ ਗਿਆ। ਡਿਪਟੀ ਕਮਿਸ਼ਨਰ ਨੇ ਕਾਲਜ ਦੇ ਇਸ ਹਮਦਰਦੀ ਭਰੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵੱਲੋਂ ਦੇਸ਼ ਦੇ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਅੱਗੇ ਆਉਣਾ ਬਹੁਤ ਹੀ ਪ੍ਰੇਰਨਾਦਾਇਕ ਕਦਮ ਹੈ। ਕੈਂਪਸ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਦਿਓਲ ਦੀ ਰਹਿਨੁਮਾਈ ਹੇਠ ਕਾਲਜ ਵੱਲੋਂ ਸਹਾਇਕ ਡਾਇਰੈਕਟਰ ਡਾ. ਅਭਿਸ਼ੇਕ ਸਚਦੇਵਾ, ਡੀਨ ਸਟੂਡੈਂਟ ਵੈੱਲਫੇਅਰ ਡਾ. ਨਿਧੀ ਚੋਪੜਾ, ਅਮਨ ਅਤੇ ਨਵਨੀਤ ਨੇ ਇਹ ਚੈੱਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਸੌਂਪਿਆ। ਡਾ. ਅਗਰਵਾਲ ਨੇ ਹੋਰਨਾਂ ਦਾਨੀ ਸੱਜਣਾਂ, ਸਮਾਜ ਸੇਵੀ ਸੰਸਥਾਵਾਂ ਅਤੇ ਨਾਗਰਿਕਾਂ ਨੂੰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।
PUBLISHED BY LMI DAILY NEWS PUNJAB
My post content
