ਚੇਤਨਾ ਵਿੱਦਿਅਕ ਟੂਰ ; ਐਲ.ਪੀ.ਯੂ. ਦੇ ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੇ ਕੰਮਕਾਜ ਤੇ ਸੇਵਾਵਾਂ ਤੋਂ ਜਾਣੂ ਕਰਵਾਇਆ* - ਉਪਰਾਲੇ ਦਾ ਮਕਸਦ ਵਿਦਿਆਰਥੀਆਂ ’ਚ ਸਰਕਾਰੀ ਵਿਭਾਗਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ : ਡਿਪਟੀ ਕਮਿਸ਼ਨਰ - ਵਿਦਿਆਰਥੀਆਂ ਨੂੰ ਹਾਸਲ ਕੀਤੀ ਜਾਣਕਾਰੀ ਪਰਿਵਾਰਕ ਮੈਂਬਰਾਂ ਤੇ ਸਹਿਪਾਠੀਆਂ ਨਾਲ ਵੀ ਸਾਂਝੀ ਕਰਨ ਲਈ ਕਿਹਾ

ਜਲੰਧਰ, 1 ਅਕਤੂਬਰ :(ਰਮੇਸ਼ ਗਾਬਾ ) ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ‘ਚੇਤਨਾ ਵਿੱਦਿਅਕ ਟੂਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਦੇ ਵਿਦਿਆਰਥੀਆਂ ਨੂੰ ਜਲੰਧਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦਾ ਦੌਰਾ ਕਰਵਾ ਕੇ ਸਰਕਾਰੀ ਸੇਵਾਵਾਂ ਤੇ ਪ੍ਰਸ਼ਾਸਕੀ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਵਿੱਦਿਅਕ ਟੂਰ ਉਪਰੰਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਟੂਰ ਦੌਰਾਨ ਹਾਸਲ ਕੀਤੀ ਜਾਣਕਾਰੀ ਅਤੇ ਤਜ਼ਰਬੇ ਬਾਰੇ ਪੁੱਛਿਆ। ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਭਾਗਾਂ ਦੇ ਕੰਮਕਾਜ ਅਤੇ ਸੇਵਾਵਾਂ ਬਾਰੇ ਹਾਸਲ ਕੀਤੀ ਜਾਣਕਾਰੀ ਆਪਣੇ ਪਰਿਵਾਰ ਅਤੇ ਸਹਿਪਾਠੀਆਂ ਨਾਲ ਵੀ ਸਾਂਝੀ ਕਰਨ, ਤਾਂ ਜੋ ਭਵਿੱਖ ਵਿੱਚ ਜਦੋਂ ਵੀ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਕੰਮਾਂ ਲਈ ਕਿਸੇ ਦਫ਼ਤਰ ਵਿੱਚ ਜਾਣਾ ਪੈਂਦਾ ਹੈ, ਤਾਂ ਉਨ੍ਹਾਂ ਨੂੰ ਪ੍ਰਕਿਰਿਆ ਬਾਰੇ ਪੂਰਾ ਗਿਆਨ ਹੋਵੇ ਅਤੇ ਉਹ ਆਪਣਾ ਕੰਮ ਬਿਨ੍ਹਾਂ ਕਿਸੇ ਰੁਕਾਵਟ ਦੇ ਕਰਵਾ ਸਕਣ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਵਿੱਚ ਸਰਕਾਰੀ ਵਿਭਾਗਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪ੍ਰਸ਼ਾਸਕੀ ਪ੍ਰਕਿਰਿਆਵਾਂ ਬਾਰੇ ਨੇੜਿਓਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੌਰਿਆਂ ਰਾਹੀਂ ਵਿਦਿਆਰਥੀਆਂ ਨੂੰ ਨਾ ਸਿਰਫ਼ ਸਰਕਾਰੀ ਵਿਭਾਗਾਂ ਦੇ ਕੰਮਕਾਜ, ਸੇਵਾਵਾਂ ਬਾਰੇ ਸੂਝ ਮਿਲਦੀ ਹੈ, ਸਗੋਂ ਇਕ ਨਾਗਰਿਕ ਵਜੋਂ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਚੇਤਨਾ ਵਿੱਦਿਅਕ ਟੂਰ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਟੂਰ ਦੌਰਾਨ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸੇਵਾ ਕੇਂਦਰ, ਪਟਵਾਰਖਾਨਾ, ਸਬ ਰਜਿਸਟਰਾਰ ਦਫ਼ਤਰ, ਡਾ. ਬੀ.ਆਰ. ਅੰਬੇਡਕਰ ਭਵਨ ਸਮੇਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਲ ਲਕੀਰ, ਫ਼ਰਦ, ਇੰਤਕਾਲ, ਵਸੀਅਤਨਾਮਾ, ਹਲਫੀਆ ਬਿਆਨ, ਡਰਾਈਵਿੰਗ ਲਾਇਸੈਂਸ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਡਾ. ਅੰਬੇਡਕਰ ਭਵਨ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਚਲਾਈਆਂ ਜਾ ਰਹੀਆਂ ਕੋਚਿੰਗ ਕਲਾਸਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਟੂਰ ਰਾਹੀਂ ਵਿਭਾਗਾਂ ਦੀ ਦਫ਼ਤਰੀ ਪ੍ਰਕਿਰਿਆ ਬਾਰੇ ਕਾਫੀ ਜਾਨਣ ਦਾ ਮੌਕਾ ਮਿਲਿਆ ਹੈ, ਜਿਸ ਨੂੰ ਉਹ ਆਪਣੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਨਾਲ ਵੀ ਸਾਂਝਾ ਕਰਨਗੇ।

PUBLISHED BY LMI DAILY NEWS PUNJAB

Ramesh Gaba

10/1/20251 min read

worm's-eye view photography of concrete building
worm's-eye view photography of concrete building

My post content