ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ਼ਹਿਰ ਦੀ ਸਫਾਈ ਵਿਵਸਥਾ ਦੀ ਸਮੀਖਿਆ ਸਫਾਈ ਪ੍ਰਣਾਲੀ ਨੂੰ ਹੋਰ ਬਿਹਤਰ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਜਲੰਧਰ ਨੂੰ ਠੋਸ ਕਦਮ ਚੁੱਕਣ ਦੀਆਂ ਹਦਾਇਤਾਂ

ਜਲੰਧਰ, 27 ਅਕਤੂਬਰ :(ਰਮੇਸ਼ ਗਾਬਾ) ਸ਼ਹਿਰ ਦੀ ਸਫਾਈ ਵਿਵਸਥਾ ਨੂੰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਠੋਸ ਕਦਮ ਚੁੱਕਣ ਦੀਆਂ ਹਦਾਇਤਾਂ ਕੀਤੀਆਂ। ਇਥੇ ਨਗਰ ਨਿਗਮ ਦੇ ਦਫ਼ਤਰ ਵਿਖੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਚੰਦਨ ਗਰੇਵਾਲ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਲਈ ਵੀ ਕਿਹਾ, ਤਾਂ ਜੋ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕੇ। ਉਨ੍ਹਾਂ ਸ਼ਹਿਰ ਵਿੱਚੋਂ ਕੂੜਾ ਇਕੱਤਰ ਕਰਨ ਅਤੇ ਢੋਹਣ ਲਈ ਨਗਰ ਨਿਗਮ ਦੇ ਪਾਸ ਮੌਜੂਦ ਵਾਹਨਾਂ ਦੀ ਜਾਣਕਾਰੀ ਪ੍ਰਾਪਤ ਕਰਦਿਆਂ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਗਰ ਨਿਗਮ ਦਾ ਕੋਈ ਵੀ ਵਾਹਨ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਵੱਲੋਂ ਨਾ ਚਲਾਇਆ ਜਾਵੇ। ਇਸ ਨਾਲ ਸਾਫ਼-ਸਫਾਈ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਬਣੀ ਰਹੇਗੀ। ਉਨ੍ਹਾਂ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਨਿਯਮਿਤ ਚੈਕਿੰਗ ਕਰਨ ਦੇ ਵੀ ਨਿਰਦੇਸ਼ ਵੀ ਦਿੱਤੇ। ਚੇਅਰਮੈਨ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਸਫਾਈ ਵਿਵਸਥਾ ਦੀ ਨਿਯਮਿਤ ਤੌਰ ’ਤੇ ਚੈਕਿੰਗ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫ਼ਲ ਰਹਿਣਗੇ, ਉਨ੍ਹਾਂ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਸ਼੍ਰੀ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸੌਂਪੀ ਡਿਊਟੀ ਦੇ ਸੰਦਰਭ ਵਿੱਚ ਅੱਜ ਜਲੰਧਰ ਵਿਖੇ ਮੀਟਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸਫਾਈ ਵਿਵਸਥਾ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਨੂੰ ਛੱਠ ਪੂਜਾ ਦੇ ਤਿਉਹਾਰ ਦੇ ਮੱਦੇਨਜ਼ਰ ਸਾਫ-ਸਫਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਜਲੰਧਰ ਵਿੱਚ ਸਫਾਈ ਕਰਮਚਾਰੀਆਂ ਦੀ ਭਰਤੀ ਲਈ ਮਨਜ਼ੂਰੀ ਦੇਣ ’ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਸਫਾਈ ਵਿਵਸਥਾ ਤੇ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਤੇ ਕਮਿਸ਼ਨ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਸਾਫ-ਸਫਾਈ, ਸੁਚੱਜੀ ਜਲ ਸਪਲਾਈ ਤੇ ਸੀਵਰੇਜ ਵਿਵਸਥਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨਦੀਪ ਕੌਰ ਅਤੇ ਸੁਮਨਦੀਪ ਕੌਰ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

10/27/20251 min read

photo of white staircase
photo of white staircase

My post content