ਸੂਬਾ ਸਰਕਾਰ ਪੱਛੜੇ ਵਰਗਾਂ ਦੀ ਭਲਾਈ ਤੇ ਬਿਹਤਰੀ ਲਈ ਵਚਨਬੱਧ : ਮਲਕੀਤ ਥਿੰਦ ਚੇਅਰਮੈਨ ਨੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ

ਜਲੰਧਰ, 28 ਅਕਤੂਬਰ (ਰਮੇਸ਼ ਗਾਬਾ): ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਅੱਜ ਇਥੇ ਰਾਜ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀਆਂ ਤੱਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪੁੱਜਦਾ ਕਰਨ ਦੀ ਹਦਾਇਤ ਕੀਤੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਬੈਕਫਿਨਕੋ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਅਤੇ ਜ਼ਿਲ੍ਹਾ ਭਲਾਈ ਦਫ਼ਤਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਮਲਕੀਤ ਥਿੰਦ ਨੇ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਕੋਈ ਵੀ ਲੋੜਵੰਦ ਤੇ ਯੋਗ ਲਾਭਪਾਤਰੀ ਇਨ੍ਹਾਂ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਪੱਛੜੇ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੈਮੀਨਾਰ, ਕੈਂਪ ਲਗਾਉਣ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿੱਚ ਜਾਣਕਾਰੀ ਪ੍ਰਦਰਸ਼ਿਤ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਪਤਾ ਲੱਗ ਸਕੇ। ਚੇਅਰਮੈਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਨਾਲ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਅਤੇ ਬਿਹਤਰੀ ਲਈ ਵਚਨਬੱਧ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ ਸਮੇਤ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਲੈਣ ਵਿੱਚ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਸ਼੍ਰੀ ਥਿੰਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਜੋ ਕਿ ਆਉਣ ਵਾਲੇ ਦਿਨਾਂ ਵਿੱਚ ਨਿਯਮਿਤ ਤੌਰ ’ਤੇ ਜਾਰੀ ਰਹੇਗਾ। ਇਸ ਤੋਂ ਪਹਿਲਾਂ ਚੇਅਰਮੈਨ ਮਲਕੀਤ ਥਿੰਦ ਨੇ ਸਥਾਨਕ ਸਰਕਟ ਹਾਊਸ ਵਿਖੇ ਭਾਈਚਾਰੇ ਦੀਆਂ ਮੁਸ਼ਕਲਾਂ ਵੀ ਸੁਣੀਆਂ। ਮੀਟਿੰਗ ਵਿੱਚ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ, ਨਗਰ ਨਿਗਮ ਜਲੰਧਰ ਦੇ ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਜ਼ਿਲ੍ਹਾ ਭਲਾਈ ਅਫ਼ਸਰ ਰਣਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

10/28/20251 min read

white concrete building during daytime
white concrete building during daytime

My post content