ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 1 ਨਵੰਬਰ ਨੂੰ* - ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ - ਪੁਖਤਾ ਸੁਰੱਖਿਆ ਪ੍ਰਬੰਧ, ਸੁਚਾਰੂ ਟ੍ਰੈਫਿਕ, ਨਗਰ ਕੀਰਤਨ ਦੇ ਰੂਟ ਦੀ ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜਲੰਧਰ, 29 ਅਕਤੂਬਰ (ਰਮੇਸ਼ ਗਾਬਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ 1 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ। ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ’ਤੇ ਸਾਫ-ਸਫਾਈ, ਪ੍ਰਮੁੱਖ ਥਾਵਾਂ ਅਤੇ ਚੌਕਾਂ ਦੀ ਸਜਾਵਟ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਦੇ ਰੂਟ ਦਾ ਦੌਰਾ ਕੀਤਾ ਜਾਵੇ ਅਤੇ ਜੇਕਰ ਕਿਤੇ ਸੜਕ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਚਾ ਕਰਨ ਸਮੇਤ ਹੋਰ ਕਿਸੇ ਕਿਸਮ ਦੀ ਵਿਵਸਥਾ ਦੀ ਲੋੜ ਹੈ, ਤਾਂ ਤੁਰੰਤ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਲੋੜੀਂਦੀਆਂ ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ, ਆਰਜ਼ੀ ਟਾਇਲੈਟਸ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। *ਨਗਰ ਕੀਰਤਨ ਦਾ ਰੂਟ :* ਵੱਖ-ਵੱਖ ਸਿੰਘ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੱਸਿਆ ਕਿ ਨਗਰ ਕੀਰਤਨ 1 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗਾ ਅਤੇ ਐਸ.ਡੀ.ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਪਟੇਲ ਚੌਕ, ਬਸਤੀ ਅੱਡਾ ਜੀ.ਟੀ. ਰੋਡ, ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸੰਪੂਰਨ ਹੋਵੇਗਾ। ਮੀਟਿੰਗ ਵਿੱਚ ਏ.ਡੀ.ਸੀ.ਪੀ. ਟ੍ਰੈਫਿਕ ਗੁਰਬਾਜ਼ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਸ਼ਾਇਰੀ ਮਲਹੋਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਮੌਜੂਦ ਸਨ। -------

PUBLISHED BY LMI DAILY NEWS PUNJAB

Ramesh Gaba

10/29/20251 min read

black blue and yellow textile
black blue and yellow textile

My post content