ਵਿਜੀਲੈਂਸ ਜਾਗਰੂਕਤਾ ਹਫ਼ਤਾ ; ਡਿਪਟੀ ਕਮਿਸ਼ਨਰ ਵੱਲੋਂ ਜਾਗਰੂਕਤਾ ਪੋਸਟਰ ਰਿਲੀਜ਼* - ਭ੍ਰਿਸ਼ਟਾਚਾਰ ਖਿਲਾਫ਼ ਲੜਾਈ ’ਚ ਸਭ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
ਜਲੰਧਰ, 1 ਨਵੰਬਰ :(ਰਮੇਸ਼ ਗਾਬਾ)ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ-ਸਾਡੀ ਸਾਂਝੀ ਜ਼ਿੰਮੇਵਾਰੀ’ ਤਹਿਤ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਵਿਜੀਲੈਂਸ ਬਿਊਰੋ ਜਲੰਧਰ ਰੇਂਜ ਹਰਪ੍ਰੀਤ ਸਿੰਘ ਮੰਡੇਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਮਾਜ ਵਿੱਚ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜੰਗ ਨੂੰ ਸਾਂਝੇ ਹੰਭਲਿਆ ਨਾਲ ਹੀ ਜਿੱਤਿਆ ਜਾ ਸਕਦਾ ਹੈ। ਡਾ. ਅਗਰਵਾਲ ਨੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦਾ ਮਕਸਦ ਜਾਗਰੂਕਤਾ ਪੈਦਾ ਕਰਨਾ ਅਤੇ ਸਭ ਨੂੰ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਵਿੱਚ ਸਮੂਹਿਕ ਤੌਰ ’ਤੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦਾ ਭਵਿੱਖ ਹੋਣ ਦੇ ਨਾਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਦਫ਼ਤਰਾਂ ਵਿੱਚ ਜੇਕਰ ਕਿਸੇ ਭ੍ਰਿਸ਼ਟ ਕਾਰਵਾਈ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਇਸ ਬਾਬਤ ਬਿਨ੍ਹਾਂ ਕਿਸੇ ਝਿਜਕ ਅਤੇ ਦੇਰੀ ਤੋਂ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਜਾਵੇ। ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਐਸ.ਐਸ.ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਰਿਸ਼ਵਤ ਮੰਗਦਾ ਹੈ ਜਾਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮਾਂ/ਫੰਡਜ਼ ਦੀ ਦੁਰਵਰਤੋਂ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਜਾਂ ਵੈੱਬਸਾਈਟ www.vigilancebureau.punjab.gov.in ਜਾਂ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। --------
PUBLISHED BY LMI DAILY NEWS PUNJAB
My post content
