ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਾਈਟ ਐਂਡ ਸਾਊਂਡ ਸ਼ੋਅ ’ਚ ਉਮੜਿਆ ਸੰਗਤਾਂ ਦਾ ਸੈਲਾਬ* *15 ਹਜ਼ਾਰ ਤੋਂ ਵੱਧ ਸੰਗਤ ਨੇ ਕੀਤੀ ਸ਼ਮੂਲੀਅਤ* *ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮ* *ਕੈਬਨਿਟ ਮੰਤਰੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਕੀਤੀ ਅਪੀਲ* *ਲਾਈਟ ਐਂਡ ਸਾਊਂਡ ਸ਼ੋਅ ਦੀ ਪੇਸ਼ਕਾਰੀ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜੇਗੀ : ਦੀਪਕ ਬਾਲੀ*
ਜਲੰਧਰ, 4 ਨਵੰਬਰ :(ਰਮੇਸ਼ ਗਾਬਾ )ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਮੰਗਲਵਾਰ ਸ਼ਾਮ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ, ਜਿਸ ਵਿੱਚ 15 ਹਜ਼ਾਰ ਤੋਂ ਵੱਧ ਸੰਗਤ ਨੇ ਸ਼ਮੂਲੀਅਤ ਕੀਤੀ। ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੇ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ, ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਦੇ ਸਨਮਾਨ ਵਿੱਚ ਵੱਡੇ ਪੱਧਰ ’ਤੇ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਕਰਵਾਇਆ ਗਿਆ। ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫੇ ਨੂੰ ਡਿਜੀਟਲ ਪੇਸ਼ਕਾਰੀ ਰਾਹੀਂ ਬੜੇ ਸੁੰਦਰ ਢੰਗ ਨਾਲ ਦਰਸਾਇਆ ਗਿਆ। ਇਸ ਤੋਂ ਪਹਿਲਾਂ ਢਾਡੀ ਜੱਥੇ ਦੀਦਾਰ ਸਿੰਘ ਸੰਗਤਪੁਰਾ (ਫਗਵਾੜਾ) ਵੱਲੋਂ ਵਾਰਾਂ ਦਾ ਗਾਇਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਿਸ਼ੇਸ਼ ਤੌਰ ’ਤੇ ਪੁੱਜੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਇਸ ਮੌਕੇ ਮੌਜੂਦ ਸਨ। ਸੰਗਤ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ, ਜੋ ਕਿ 350 ਸਾਲਾਂ ਬਾਅਦ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ’ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਸ਼ੁਰੂਆਤ ਅੱਜ ਜਲੰਧਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਜ਼ਿਲ੍ਹਿਆਂ ਤੋਂ ਹੋ ਗਈ ਹੈ। ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਚਾਰ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇੱਕ ਨਗਰ ਕੀਰਤਨ 19 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਸਜਾਇਆ ਜਾਵੇਗਾ ਅਤੇ ਬਾਕੀ ਤਿੰਨ ਨਗਰ ਕੀਰਤਨ ਫਰੀਦਕੋਟ, ਬਠਿੰਡਾ ਅਤੇ ਗੁਰਦਾਸਪੁਰ ਤੋਂ ਸਜਾਏ ਜਾਣਗੇ। ਚਾਰੇ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ, ਜਿਥੇ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ ਇਥੇ ਠਹਿਰਾਅ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੇ ਫ਼ਲਸਫੇ ਅਤੇ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ। ਉਨ੍ਹਾਂ ਕਿਹਾ ਕਿ ਡਿਜੀਟਲ ਤਕਨੀਕ ਨਾਲ ਲਾਈਟ ਐਂਡ ਸਾਊਂਡ ਸ਼ੋਅ ਦੀ ਪੇਸ਼ਕਾਰੀ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਆਪਣੀ ਅਮੀਰ ਵਿਰਾਸਤ ਨਾਲ ਜੋੜੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਹਰ ਜ਼ਿਲ੍ਹੇ ਵਿੱਚ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। ਦਿਨ ਦੀ ਸਮਾਪਤੀ “ਸ਼ਹਾਦਤ ਦੀ ਲੋਅ" ਨਾਲ ਹੋਵੇਗੀ,ਜਿਸ ਤਹਿਤ ਮਸ਼ਾਲਾਂ ਜਗਾ ਕੇ ਪਵਿੱਤਰ ਸ਼ਹਿਰ ਨੂੰ ਰੌਸ਼ਨ ਕੀਤਾ ਜਾਵੇਗਾ। 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ। ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਨੌਵੇਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਧਰਮਾਂ ਦੇ ਅਧਿਆਤਮਿਕ ਆਗੂਆਂ ਦੀ ਸ਼ਮੂਲੀਅਤ ਵਾਲਾ “ਸਰਬ ਧਰਮ ਸੰਮੇਲਨ" ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦਾ 500 ਡਰੋਨਾਂ ਵਾਲਾ ਤਿੰਨ ਰੋਜ਼ਾ (23 ਤੋਂ 25 ਨਵੰਬਰ) ਡਰੋਨ ਸ਼ੋਅ ਕਰਵਾਇਆ ਜਾਵੇਗਾ। ਉੱਤਰੀ ਭਾਰਤ ਦਾ ਇਹ ਪਹਿਲਾ ਡਰੋਨ ਸ਼ੋਅ ਨੌਵੇਂ ਪਾਤਸ਼ਾਹ ਨੂੰ ਸੁਹਿਰਦ ਸ਼ਰਧਾਂਜਲੀ ਹੋਵੇਗੀ। ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਨੂੰ ਪੂਰੀ ਮਰਿਆਦਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਦੇ ਧਰਮ ਪਤਨੀ ਹਰਪ੍ਰੀਤ ਕੌਰ ਅਤੇ ਵੱਡੀ ਗਿਣਤੀ ਨੌਜਵਾਨ, ਵਿਦਿਆਰਥੀ ਅਤੇ ਸੰਗਤ ਪਹੁੰਚੀ ਹੋਈ ਸੀ। ------
PUBLISHED BY LMI DAILY NEWS PUNJAB


My post content
