*ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਦੀਆਂ ਸੜਕਾਂ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਅਧਿਕਾਰੀਆਂ ਨੂੰ ਮਿਸ਼ਨ ਮੋਡ ’ਤੇ ਕੰਮ ਕਰਨ ਦੀ ਹਦਾਇਤ* - ਕਿਹਾ, 31 ਦਸੰਬਰ ਤੋਂ ਪਹਿਲਾਂ ਸ਼ਹਿਰ ਦੇ ਸਾਰੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ’ਚ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ ਸੇਵਾ ਤੋਂ ਬਾਅਦ 150 ਬੇਸਹਾਰਾ ਪਸ਼ੂ ਗਊਸ਼ਲਾਵਾਂ ’ਚ ਭੇਜੇ - ਬੇਸਹਾਰਾ ਪਸ਼ੂਆਂ ਬਾਰੇ ਵਟਸਐਪ ਹੈਲਪਲਾਈਨ 9646-222-555 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ - ਸ਼ਾਹਕੋਟ ਗਊਸ਼ਾਲਾ 'ਚ ਨਵੇਂ ਸ਼ੈੱਡ ਦੀ ਉਸਾਰੀ ਜਲਦ

ਜਲੰਧਰ, 11 ਨਵੰਬਰ : (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਦੀਆਂ ਸੜਕਾਂ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਅਧਿਕਾਰੀਆਂ ਨੂੰ ਮਿਸ਼ਨ ਮੋਡ ’ਤੇ ਕੰਮ ਕਰਨ ਦੀ ਹਦਾਇਤ ਕੀਤੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਜ਼ਿਲ੍ਹਾ ਪਸ਼ੂ ਭਲਾਈ ਕਮੇਟੀ ਅਤੇ ਜ਼ਿਲ੍ਹਾ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ 31 ਦਸੰਬਰ ਤੋਂ ਪਹਿਲਾਂ ਸ਼ਹਿਰ ਦੇ ਸਾਰੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਆਮ ਲੋਕਾਂ ਦੀ ਜਾਨ-ਮਾਨ ਦੀ ਸੁਰੱਖਿਆ ਦੇ ਨਾਲ-ਨਾਲ ਬੇਸਹਾਰਾ ਪਸ਼ੂਧਨ ਦੀ ਢੁੱਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸੜਕਾਂ ’ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਪਹੁੰਚਾਉਣ ਲਈ ਉਪਰਾਲੇ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਤੱਕ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਭੇਜ ਕੇ ਸਮੁੱਚੇ ਜ਼ਿਲ੍ਹੇ ਨੂੰ ਇਸ ਸਮੱਸਿਆ ਤੋਂ ਮੁਕਤ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ ਸੇਵਾ ਤੋਂ ਬਾਅਦ ਕਰੀਬ 150 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਭੇਜੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਾਹਕੋਟ ਵਿਖੇ ਕੰਨੀਆ ਕਲਾਂ ਗਊਸ਼ਾਲਾ ਵਿੱਚ ਜਲਦ ਹੀ ਨਵੇਂ ਸ਼ੈੱਡ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਥੇ ਸਮਰੱਥਾ ਵਧਣ ਨਾਲ ਵਧੇਰੇ ਬੇਸਹਾਰਾ ਪਸ਼ੂ ਭੇਜੇ ਜਾ ਸਕਣਗੇ। ਸੜਕਾਂ ’ਤੇ ਬੇਸਹਾਰਾ ਪਸ਼ੂਆਂ ਨੂੰ ਛੱਡਣ ਵਾਲੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਨਤਾ ਤੋਂ ਸਹਿਯੋਗ ਦੀ ਮੰਗ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਲੋਕ ਪ੍ਰਸ਼ਾਸਨ ਵੱਲੋਂ ਜਾਰੀ ਵਟਸਐਪ ਹੈਲਪਲਾਈਨ 9646-222-555 ’ਤੇ ਬੇਸਹਾਰਾ ਪਸ਼ੂਧਨ ਬਾਰੇ ਸੂਚਨਾ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਸੂਚਨਾ ਸਬੰਧਤ ਵਿਭਾਗ ਨੂੰ ਭੇਜ ਕੇ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਗਊਸ਼ਾਲਾਵਾਂ ਵਿੱਚ ਭੇਜਣ ਦੀ ਵਿਵਸਥਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਤਹਿਤ ਡਾਗ ਸਟਰਲਾਈਜ਼ੇਸ਼ਨ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਨਗਰ ਨਿਗਮ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ 1 ਜਨਵਰੀ 2025 ਤੋਂ ਹੁਣ ਤੱਕ 4478 ਕੁੱਤਿਆਂ ਨੂੰ ਸਟਰਲਾਈਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਵਾਰਡ ਵਾਈਜ਼ ਡਾਗ ਸਟਰਲਾਈਜ਼ੇਸ਼ਨ ਕੀਤੀ ਜਾ ਰਹੀ ਹੈ, ਜਿਸ ਤਹਿਤ ਵਾਰਡ ਨੰ. 10 ਅਤੇ 11 ਵਿੱਚ ਡਾਗ ਸਟਰਲਾਈਜ਼ੇਸ਼ਨ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸਮੁੱਚੇ ਸ਼ਹਿਰ ਵਿੱਚ ਦੋ-ਦੋ ਵਾਰਡ ਕਰਕੇ ਨੇਪਰੇ ਚਾੜ੍ਹਿਆ ਜਾਵੇਗਾ। ਡਾ. ਅਗਰਵਾਲ ਨੇ ਆਵਾਰਾ ਕੁੱਤਿਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਜਲਦ ਤੋਂ ਜਲਦ ਠੋਸ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਨਗਰ ਕੌਂਸਲਾਂ ਵੱਲੋਂ ਗਊ ਸੈੱਸ ਦੀ ਕੁਲੈਕਸ਼ਨ, ਐਸ.ਪੀ.ਸੀ.ਏ. ਦੀ ਮੈਂਬਰਸ਼ਿਪ ਆਦਿ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਐਸ.ਡੀ.ਐਮ. ਵਿਵੇਕ ਕੁਮਾਰ ਮੋਦੀ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।

PUBLISHED BY LMI DAILY NEWS PUNJAB

Ramesh Gaba

11/11/20251 min read

white concrete building during daytime
white concrete building during daytime

My post content