ਡਿਪਟੀ ਕਮਿਸ਼ਨਰ ਨੇ ਜਲੰਧਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕੀਤੀ ਉਚ ਪੱਧਰੀ ਮੀਟਿੰਗ* - ਕਿਹਾ, ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਸਮੇਤ ਪ੍ਰਭਾਵਿਤ ਵਿਅਕਤੀਆਂ ਨੂੰ ਮੁੱਹਈਆ ਕਰਵਾਈ ਜਾਵੇ ਹਰ ਸਹਾਇਤਾ

ਜਲੰਧਰ, 10 ਸਤੰਬਰ (ਰਮੇਸ਼ ਗਾਬਾ): ਹਾਲ ਹੀ ਵਿੱਚ ਪਈ ਭਾਰੀ ਬਾਰਿਸ਼ ਅਤੇ ਹੜ੍ਹਾਂ ਤੋਂ ਬਾਅਦ ਸੰਭਾਵਿਤ ਚੁਣੌਤੀਆਂ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਹਤ ਅਤੇ ਰੋਕਥਾਮ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਡਾ. ਅਗਰਵਾਲ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ ਹੋਣ ਕਰਕੇ ਉਹ ਜਲੰਧਰ ਸਮੇਤ ਗੁਰਦਾਸਪੁਰ ਜ਼ਿਲ੍ਹੇ ਦਾ ਕੰਮ ਵੀ ਦੇਖ ਰਹੇ ਹਨ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬਾਰਿਸ਼ ਤੇ ਹੜ੍ਹਾਂ ਦੌਰਾਨ ਲੋਕਾਂ ਦੇ ਘਰਾਂ, ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦੇ ਮੁਲਾਂਕਣ ਦੀ ਚੱਲ ਰਹੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਕਿਸਾਨਾਂ ਤੇ ਪਸ਼ੂ ਪਾਲਕਾਂ ਦੇ ਪਸ਼ੂਧਨ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਕੇ ਜਲਦ ਰਿਪੋਰਟ ਸੌਂਪਣ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਜਿਥੇ ਕਿਤੇ ਵੀ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਥੇ ਹੜ੍ਹਾਂ ਦਾ ਪਾਣੀ ਹੇਠਾਂ ਆਉਂਦੇ ਸਾਰ ਮਾਲ ਤੇ ਖੇਤੀਬਾੜੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕੇਸ ਤਿਆਰ ਕਰਕੇ ਭੇਜੇ ਜਾਣ। ਡਾ. ਅਗਰਵਾਲ ਨੇ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ, ਜਲ ਸਪਲਾਈ, ਨਗਰ ਨਿਗਮ ਤੇ ਨਗਰ ਕੌਂਸਲਾਂ ਸਮੇਤ ਸਬੰਧਤ ਵਿਭਾਗਾਂ ਨੂੰ ਪੂਰੇ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਕੋਈ ਹੈਜਾ ਜਾਂ ਡਾਇਰੀਆ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਦੂਸ਼ਿਤ ਪਾਣੀ ਦੇ ਸਰੋਤ ਦੀ ਪਛਾਣ ਕਰਕੇ ਉਸਨੂੰ ਬੰਦ ਕਰਨ ਅਤੇ ਪ੍ਰਭਾਵਿਤ ਇਲਾਕੇ ਵਿੱਚ ਸਾਫ਼ ਪਾਣੀ ਦੀ ਸਪਲਾਈ, ਸੈਂਪਲਿੰਗ ਸਮੇਤ ਹੋਰ ਰੋਕਥਾਮ ਸਬੰਧੀ ਉਪਾਅ ਤੁਰੰਤ ਕੀਤੇ ਜਾਣ। ਉਨ੍ਹਾਂ ਇਸ ਮੌਕੇ ਜਲ ਸਪਲਾਈ ਵਿਭਾਗ ਨੂੰ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੀ ਪਾਣੀ ਦੇ ਸੈਂਪਲ ਲੈਣ ਦੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ। ਡੇਂਗੂ, ਮਲੇਰੀਆ ਸਮੇਤ ਮੱਛਰਾਂ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਬਚਾਅ ਲਈ ਚੱਲ ਰਹੀ ਫੌਗਿੰਗ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੇਜ਼ ਬਾਰਿਸ਼ ਤੇ ਹੜ੍ਹ ਕਰਕੇ ਪੈਦਾ ਹੋਏ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਬਿਮਾਰੀਆਂ ਫੈਲਣ ਦੇ ਜੋਖਮ ਨੂੰ ਘੱਟ ਕਰਨ ਲਈ ਫੌਗਿੰਗ ਅਤੇ ਸਪਰੇਅ ਵਰਗੇ ਉਪਾਅ ਬਹੁਤ ਜ਼ਰੂਰੀ ਹਨ। ਉਨ੍ਹਾਂ ਸਕੂਲਾਂ, ਰਿਹਾਇਸ਼ੀ ਖੇਤਰਾਂ, ਬਾਜ਼ਾਰਾਂ ਤੋਂ ਇਲਾਵਾ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਫੌਗਿੰਗ ਕਰਵਾਉਣ ਦੀ ਹਦਾਇਤ ਕੀਤੀ। ਸੜਕਾਂ ਸਮੇਤ ਹੋਰ ਨੁਕਸਾਨੇ ਬੁਨਿਆਦੀ ਢਾਂਚੇ ਦੀ ਤੁਰੰਤ ਮੁਰੰਮਤ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਨੁਕਸਾਨੇ ਢਾਂਚੇ ਨੂੰ ਠੀਕ ਕਰਨ ਦੀ ਕਾਰਵਾਈ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਖਾਸ ਕਰਕੇ ਸੀਵਰੇਜ ਬੋਰਡ ਨੂੰ ਸ਼ਹਿਰ ਵਿੱਚ ਸਰਫੇਸ ਵਾਟਰ ਪ੍ਰਾਜੈਕਟ ਲਈ ਪੁੱਟੀਆਂ ਸੜਕਾਂ ਦੀ ਤੁਰੰਤ ਲੋੜੀਂਦੀ ਮੁਰੰਮਤ ਕਰਵਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਸਕੂਲ ਵਿੱਚ ਕੋਈ ਕਮਰਾ/ਇਮਾਰਤ ਅਸੁਰੱਖਿਅਤ ਨਜ਼ਰ ਆਉਂਦਾ ਹੈ, ਤਾਂ ਉਥੇ ਵਿਦਿਆਰਥੀਆਂ ਦੀਆਂ ਕਲਾਸਾਂ ਨਾ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਅਜਿਹੇ ਕਮਰੇ/ਇਮਾਰਤ ਦੀ ਜਾਂਚ ਕਰਵਾ ਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਵਿਦਿਆਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰੀ ਵੀਡਿਓ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਸਨ। ----

PUBLISHED BY LMI DAILY NEWS PUNJAB

Ramesh Gaba

9/10/20251 min read

white concrete building
white concrete building

My post content