ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ,,, ਅਧਿਕਾਰੀਆਂ ਨੂੰ ਯੋਗ ਹੱਲ ਲਈ ਤੁਰੰਤ ਬਣਦੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ, 27 ਨਵੰਬਰ(ਰਮੇਸ਼ ਗਾਬਾ): ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਇਥੇ ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਦੇ ਯੋਗ ਹੱਲ ਲਈ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਵੀ ਮੌਜੂਦ ਸਨ। ਇਸਾਈ ਭਾਈਚਾਰੇ ਦੀਆਂ ਕਬਰਿਸਤਾਨ ਸਬੰਧੀ ਸਮੱਸਿਆਵਾਂ ਸੁਣਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਅੰਤਿਮ ਰਸਮਾਂ ਨਿਭਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਲਦ ਹੱਲ ਕੱਢਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਬਰਿਸਤਾਨਾਂ ’ਤੇ ਨਾਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਿੰਮੇਵਾਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਬਰਿਸਤਾਨਾਂ ਵਿੱਚ ਸਾਫ਼-ਸਫ਼ਾਈ, ਸੁੰਦਰੀਕਰਨ ਅਤੇ ਚਾਰਦਿਵਾਰੀ ਯਕੀਨੀ ਬਣਾਉਣ ਲਈ ਵੀ ਕਿਹਾ। ਚੇਅਰਮੈਨ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਹਰ ਪੱਧਰ ’ਤੇ ਬਰਾਬਰੀ ਦੇ ਅਧਿਕਾਰ ਮਿਲਣ ਅਤੇ ਉਨ੍ਹਾਂ ਦੀਆਂ ਸਮਾਜਿਕ ਤੇ ਧਾਰਮਿਕ ਜ਼ਰੂਰਤਾਂ ਦਾ ਸਨਮਾਨ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ। ਇਸ ਦੌਰਾਨ ਉਨ੍ਹਾਂ ਘੱਟ ਗਿਣਤੀ ਭਾਈਚਾਰੇ ਦੀਆਂ ਪੁਲਿਸ, ਮਾਲ ਵਿਭਾਗ, ਨਗਰ ਨਿਗਮ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਮੁਸ਼ਕਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਇਨ੍ਹਾਂ ਦਾ ਢੁੱਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਵੱਲੋਂ ਧਰਮ ਦੇ ਨਾਂ ’ਤੇ ਆਪਸੀ ਭਾਈਚਾਰੇ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਧਰਮ ਦੇ ਨਾਂ ’ਤੇ ਘੱਟ ਗਿਣਤੀ ਭਾਈਚਾਰੇ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਮੁਸ਼ਕਲਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਯੋਗ ਹੱਲ ਕੀਤਾ ਜਾਵੇਗਾ ਅਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ,ਏ.ਡੀ.ਸੀ.ਪੀ. ਜਯੰਤ ਪੁਰੀ, ਐਸ.ਪੀ. ਮਨਜੀਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਰਣਬੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ ਅਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

11/27/20251 min read

white concrete building during daytime
white concrete building during daytime

My post content