ਦੇਸ਼ ਲਈ ਜਾਨਾਂ ਵਾਰ ਦੇਣ ਵਾਲੇ ਬਹਾਦਰ ਸੂਰਮਿਆਂ ਦੇ ਹਮੇਸ਼ਾ ਰਿਣੀ ਰਹਾਂਗੇ : ਮੋਹਿੰਦਰ ਭਗਤ ,,ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਦੇ ਸਨਮਾਨ ਸਮਾਰੋਹ ’ਚ ਕੀਤੀ ਸ਼ਿਰਕਤ,, 5 ਜ਼ਿਲ੍ਹਿਆਂ ਨਾਲ ਸਬੰਧਤ 16 ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ, 350 ਸਾਬਕਾ ਫੌਜੀ ਵੀ ਸਨਮਾਨੇ
ਜਲੰਧਰ, 5 ਦਸੰਬਰ (ਰਮੇਸ਼ ਗਾਬਾ) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਫੌਜੀ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਬਹਾਦਰ ਸੂਰਮਿਆਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ, ਜਿਨ੍ਹਾਂ ਆਪਣਾ ਪੂਰਾ ਜੀਵਨ ਦੇਸ਼ ਨੂੰ ਸਮਰਪਿਤ ਕਰ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ‘ਵਿਜੇ ਦਿਵਸ-2025’ ਦੇ ਸਬੰਧ ਵਿੱਚ ਸਾਬਕਾ ਸੈਨਿਕਾਂ ਦੇ ਸਨਮਾਨ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਬਹਾਦਰੀ ਨਾਲ ਲੜਨ ਵਾਲੇ ਸ਼ੂਰਵੀਰ ਸਾਡੇ ਲਈ ਪ੍ਰੇਰਨਾ ਸਰੋਤ ਹਨ ਅਤੇ ਅੱਜ ਜੋ ਅਸੀਂ ਖੁੱਲ੍ਹੀ ਹਵਾ ਵਿੱਚ ਸਾਹ ਲਾ ਰਹੇ ਹਾਂ, ਉਹ ਇਨ੍ਹਾਂ ਬਹਾਦਰ ਫੌਜੀਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਲੁਧਿਆਣਾ ਨਾਲ ਸਬੰਧਤ 16 ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ ਦੇ 350 ਸਾਬਕਾ ਫੌਜੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਣੇ ਜੀਵਨ ਦਾ ਬਲਿਦਾਨ ਦੇਣ ਵਾਲੇ ਬਹਾਦਰ ਸ਼ਹੀਦ ਹਮੇਸ਼ਾ ਸਾਡੇ ਦਿਲਾਂ ਵਿੱਚ ਜਿਊਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਾਡਾ ਨੈਤਿਕ ਫਰਜ਼ ਹੈ। ਇਸ ਉਪਰਾਲੇ ਲਈ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੀ ਸ਼ਲਾਘਾ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਸੰਸਥਾ ਵੱਲੋਂ ਸ਼ਹੀਦ ਫੌਜੀਆਂ ਅਤੇ ਸਾਬਕਾ ਸੈਨਿਕਾ ਦੇ ਪਰਿਵਾਰਾਂ ਲਈ ਬਹੁਤ ਨੇਕ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੰਸਥਾ ਭਵਿੱਖ ਵਿੱਚ ਵੀ ਹੋਰ ਮਜ਼ਬੂਤੀ ਨਾਲ ਅਜਿਹੇ ਉਪਰਾਲੇ ਕਰਦੀ ਰਹੇਗੀ। ਮੇਅਰ ਵਿਨੀਤ ਧੀਰ ਨੇ ਸ਼ਹੀਦ ਸੈਨਿਕਾਂ ਦੇ ਬਲਿਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਇਨ੍ਹਾਂ ਦੀਆਂ ਕੁਰਬਾਨੀਆਂ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪ੍ਰਧਾਨ ਸੁਰਿੰਦਰ ਅਗਰਵਾਲ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ, ਵਿਸ਼ੇਸ਼ ਮਹਿਮਾਨ ਮੇਅਰ ਵਿਨੀਤ ਧੀਰ, ਲਵਲੀ ਗਰੁੱਪ ਤੋਂ ਰਮੇਸ਼ ਮਿੱਤਲ ਅਤੇ ਨਰੇਸ਼ ਮਿੱਤਲ, ਕੀਮਤੀ ਭਗਤ ਸਮੇਤ ਹੋਰ ਮਹਿਮਾਨਾਂ ਦਾ ਸਮਾਗਮ ਵਿੱਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੁਰਿੰਦਰ ਅਗਰਵਾਲ ਨੇ ਕਿਹਾ ਕਿ ਸੰਸਥਾ ਵੱਲੋਂ ਭਵਿੱਖ ਵਿੱਚ ਵੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਸੰਸਥਾ ਵੱਲੋਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਸਮਾਗਮ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਪ੍ਰਭਜੋਤ ਕੌਰ, ਗਿਰੀਸ਼ ਭੱਟ, ਸੋਮ ਸਹੋਤਾ, ਅਖਿਲ ਭਾਰਤੀਯ ਸੰਮੇਲਨ ਦੇ ਅਹੁਦੇਦਾਰ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
PUBLISHED BY LMI DAILY NEWS PUNJAB
My post content
