ਪੰਜਾਬ ਦੇ ਜਲ ਸਰੋਤ ਮੰਤਰੀ ਨੇ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਦਾ ਲਿਆ ਜਾਇਜ਼ਾ ਕਿਹਾ, ਪੰਜਾਬ ਸਰਕਾਰ, ਫੌਜ,ਐਸ.ਡੀ.ਆਰ.ਐਫ. ਅਤੇ ਸੰਗਤ ਵਲੋਂ ਦਿਨ ਰਾਤ ਕੀਤਾ ਜਾ ਰਿਹੈ ਕੰਮ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ
ਜਲੰਧਰ, 18 ਸਤੰਬਰ : (ਰਮੇਸ਼ ਗਾਬਾ) ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੰਡਾਲਾ ਛੰਨਾ ਵਿਖੇ ਬੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਹ ਕੰਮ ਡਰੇਨੈਜ ਵਿਭਾਗ ਦੇ ਅਧਾਕਰੀਆ ਵਲੋਂ ਸੈਂਕੜੇ ਵਲੰਟੀਅਰਾਂ ਅਤੇ ਫੌਜ ਦੇ ਵੱਡਮੁੱਲੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਉਹਨਾ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੰਨ੍ਹ ਨੂੰ ਹੋਰ ਮਜ਼ਬੂਤ ਕਰਕੇ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਪ੍ਰਸ਼ਾਸਨ, ਡਰੇਨੈਜ ਵਿਭਾਗ ਅਤੇ ਫੌਜੀ ਯੂਨਿਟ ਦੀਆਂ ਸਮਰਪਿਤ ਟੀਮਾਂ ਵਲੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਦਰਿਆ ਸਤਲੁਜ ਦੇ ਇਸ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਹੱਤਵਪੂਰਨ ਕਾਰਜ ਲਈ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਲੋਂ ਜਰੂਰੀ ਸਮਾਨ ਦੀ ਸਪਲਾਈ ਅਤੇ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਲੋੜੀਂਦੇ ਕਦਮ ਚੁੱਕੇ ਗਏ ਹਨ । ਉਨ੍ਹਾਂ ਵਲੋਂ ਪ੍ਰਸ਼ਾਸਨ,ਫੌਜ,ਐਸ.ਡੀ.ਆਰ.ਐਫ. ਅਤੇ ਸੰਗਤ ਵਲੋਂ ਇਸ ਇਲਾਕੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਇਕਜੁੱਟ ਤੇ ਨਿਰਸਵਾਰਥ ਹੋ ਕੇ ਕੀਤੇ ਜਾ ਰਹੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੰਨ੍ਹ ਨੂੰ ਮਜ਼ਬੂਤ ਬਣਾਉਣ ਦਾ ਕੰਮ ਪਾਣੀ ਘੱਟਣ ਤੋਂ ਬਾਅਦ ਵੀ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਦੇ ਕੰਢੇ ਕੱਟਣ ਲੱਗ ਗਏ ਸਨ। ਕੈਬਨਿਟ ਮੰਤਰੀ ਨੇ ਭਰੋਸਾ ਦੁਆਇਆ ਕਿ ਧੁੱਸੀ ਬੰਨ੍ਹ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਵਿੱਚ ਅਤੇ ਦਰਿਆ ਸਤਲੁਜ ਦੇ ਨੇੜੇ ਰਹਿੰਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਮੁਆਵਜ਼ਾ ਸਮੇਂ ਸਿਰ ਦਿੱਤਾ ਜਾਵੇਗਾ ਕਿਉਂਕਿ ਹੜ੍ਹਾਂ ਅਤੇ ਭਾਰੀ ਬਾਰਿਸ਼ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨੂੰ ਤੁਰੰਤ ਗਿਰਦਾਰਵੀ ਕਰਨ ਦੀਆਂ ਪਹਿਲਾਂ ਹੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ।
PUBLISHED BY LMI DAILY NEWS PUNJAB
My post content
